ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਦਾ ਸੁਨੇਹਾ, ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਹਦਾਇਤ
ਬਟਾਲਾ, 29 ਅਕਤੂਬਰ ( ਸੁਭਾਸ਼ ਸਹਿਗਲ) — ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਨਗਰ ਨਿਗਮ ਬਟਾਲਾ ਵਿਖੇ ਵਿਸ਼ੇਸ਼ ਜਾਗਰੂਕਤਾ ਮੀਟਿੰਗ ਕਰਵਾਈ ਗਈ। ਇਸ ਦੀ ਅਗਵਾਈ ਵਿਜੀਲੈਂਸ ਬਿਊਰੋ ਗੁਰਦਾਸਪੁਰ ਦੇ ਡੀਐੱਸਪੀ ਸ਼ਰਨਜੀਤ ਸਿੰਘ ਨੇ ਕੀਤੀ। ਇਸ ਮੌਕੇ ਨਗਰ ਨਿਗਮ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਅਤੇ ਵਿਜੀਲੈਂਸ ਇੰਸਪੈਕਟਰ ਇੰਦਰਜੀਤ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ, ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡੀਐੱਸਪੀ ਸ਼ਰਨਜੀਤ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਹਰੇਕ ਅਧਿਕਾਰੀ ਤੇ ਕਰਮਚਾਰੀ ਨੂੰ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਕਰਮਚਾਰੀ ਜਾਇਜ਼ ਕੰਮ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਕੋਲ ਕੀਤੀ ਜਾਵੇ।
ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਰੁਖ਼ ਅਪਣਾ ਰਹੀ ਹੈ ਅਤੇ ਨਗਰ ਨਿਗਮ ਬਟਾਲਾ ਲੋਕਾਂ ਨੂੰ ਪਾਰਦਰਸ਼ੀ ਤੇ ਲੋਕ-ਪੱਖੀ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਨਿਗਮ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਜਾਂ ਸਰਕਾਰੀ ਫੀਸ ਤੋਂ ਵੱਧ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਇਸ ਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
